ਰਣਜੀਤ ਸਿੰਘ ਦੇ ਕਤਲ ਮਾਮਲੇ ‘ਚ ਸਰਵ ਉੱਚ ਅਦਾਲਤ ਨੇ ਡੇਰਾ ਮੁਖੀ ਰਾਮ ਰਹੀਮ ਸਮੇਤ 5 ਲੋਕਾਂ ਨੂੰ ਜਾਰੀ ਕੀਤਾ ਨੋਟਿਸ
ਰਣਜੀਤ ਸਿੰਘ ਦੇ ਕਤਲ ਮਾਮਲੇ ‘ਚ ਸਰਵ ਉੱਚ ਅਦਾਲਤ ਨੇ ਡੇਰਾ ਮੁਖੀ ਰਾਮ ਰਹੀਮ ਸਮੇਤ 5 ਲੋਕਾਂ ਨੂੰ ਜਾਰੀ ਕੀਤਾ ਨੋਟਿਸ
3 ਜਨਵਰੀ: ਸਰਵ ਉੱਚ ਅਦਾਲਤ ਨੇ ਸੀਬੀਆਈ ਦੀ ਪਟੀਸ਼ਨ ਉਤੇ ਡੇਰੇ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਹੋਏ ਕਤਲ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ 5 ਲੋਕਾਂ ਨੂੰ ਨੋਟਿਸ ਜਾਰੀ ਕੀਤਾ ਹੈ। ਪੰਜਾਬ ਹਰਿਆਣਾ ਉੱਚ ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਸੀ। ਇਸ ਤੋਂ ਬਾਅਦ ਸੀਬੀਆਈ ਨੇ ਇਸ ਨੂੰ ਚੁਣੌਤੀ ਦਿੱਤੀ ਹੈ। ਇਸ ਤੋਂ ਪਹਿਲਾਂ ਪੀੜਤ ਪਰਿਵਾਰ ਨੇ ਉੱਚ ਅਦਾਲਤ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਤੱਕ ਵੀ ਪਹੁੰਚ ਕੀਤੀ ਸੀ। ਪਰਿਵਾਰ ਦੀ ਅਰਜ਼ੀ ‘ਤੇ ਜਸਟਿਸ ਬੇਲਾ ਤ੍ਰਿਵੇਦੀ ਦੀ ਅਗਵਾਈ ਵਾਲੇ ਬੈਂਚ ਨੇ ਨੋਟਿਸ ਜਾਰੀ ਕੀਤਾ ਸੀ। ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੇ 3 ਜਨਵਰੀ ਨੂੰ ਨੋਟਿਸ ਜਾਰੀ ਕਰਦਿਆਂ ਸੀਬੀਆਈ ਦੀ ਪਟੀਸ਼ਨ ਵੀ ਜਸਟਿਸ ਬੇਲਾ ਤ੍ਰਿਵੇਦੀ ਦੀ ਅਗਵਾਈ ਵਾਲੇ ਬੈਂਚ ਨੂੰ ਭੇਜ ਦਿੱਤੀ ਸੀ। ਡੇਰਾ ਸੱਚਾ ਸੌਦਾ ਦੇ ਮੈਨੇਜਰ ਰਣਜੀਤ ਸਿੰਘ ਦਾ ਕਤਲ 10 ਜੁਲਾਈ 2002 ਨੂੰ ਹਰਿਆਣਾ ਦੇ ਕੁਰੂਕਸ਼ੇਤਰ ਦੇ ਪਿੰਡ ਖਾਨਪੁਰ ਕੋਲੀਆਂ ਵਿੱਚ ਹੋਇਆ ਅਤੇ ਅਕਤੂਬਰ 2021 ਵਿੱਚ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਰਾਮ ਰਹੀਮ, ਅਵਤਾਰ ਸਿੰਘ, ਕ੍ਰਿਸ਼ਨ ਲਾਲ, ਜਸਬੀਰ ਸਿੰਘ ਅਤੇ ਸਬਦਿਲ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ, ਪਰ 28 ਮਈ 2024 ਨੂੰ ਪੰਜਾਬ ਅਤੇ ਹਰਿਆਣਾ ਉੱਚ ਅਦਾਲਤ ਨੇ ਸਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ।