ਅੰਮ੍ਰਿਤਸਰ ਵਿਚ ਮੰਦਿਰ ਨੇੜੇ ਹੋਏ ਧਮਾਕੇ ਦੀ ਸ਼੍ਰੋਮਣੀ ਅਕਾਲੀ ਦੱਲ ਨੇ ਨਿਆਂਇਕ ਜਾਂਚ ਦੀ ਕੀਤੀ ਮੰਗ।
ਅੰਮ੍ਰਿਤਸਰ ਵਿਚ ਮੰਦਿਰ ਨੇੜੇ ਹੋਏ ਧਮਾਕੇ ਦੀ ਸ਼੍ਰੋਮਣੀ ਅਕਾਲੀ ਦੱਲ ਨੇ ਨਿਆਂਇਕ ਜਾਂਚ ਦੀ ਕੀਤੀ ਮੰਗ।
ਚੰਡੀਗੜ੍ਹ, 15 ਮਾਰਚ: ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਠਾਕੁਰਦੁਆਰ ਮੰਦਿਰ ਨੇੜੇ ਧਮਾਕੇ ਦੀ ਘਟਨਾ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਇਸ ਘਟਨਾ ਦੇ ਦੋਸ਼ੀਆਂ ਦੀ ਸ਼ਨਾਖ਼ਤ ਤੇ ਸੂਬੇ ਦੀ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਨੂੰ ਭੰਗ ਕਰਨ ਪਿੱਛੇ ਸਾਜ਼ਿਸ਼ ਦਾ ਪਤਾ ਲਾਉਣ ਲਈ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਘਟਨਾ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਅਜਿਹਾ ਜਾਪਦਾ ਹੈ ਕਿ ਇਹ ਘਟਨਾ ਸੂਬੇ ਦੀ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਦਾ ਹਿੱਸਾ ਹੈ ਤੇ ਸੂਬੇ ਨੂੰ ਏਜੰਸੀਆਂ ਆਪਣੇ ਹੱਥਾਂ ਵਿਚ ਲੈਣਾ ਚਾਹੁੰਦੀਆਂ ਹਨ। ਇਲਾਕੇ ਵਿਚ ਇਹ 13ਵਾਂ ਧਮਾਕਾ ਹੈ ਤੇ ਸੂਬੇ ਵਿਚ ਅਮਨ ਸ਼ਾਂਤੀ ਤੇ ਕਾਨੂੰਨ ਵਿਵਸਥਾ ਭੰਗ ਹੋਣ ਦਾ ਪ੍ਰਤੱਖ ਪ੍ਰਮਾਣ ਹੈ।
ਡਾ. ਚੀਮਾ ਨੇ ਹੋਰ ਕਿਹਾ ਕਿ ਇਕ ਪਾਸੇ ਤਾਂ ਕੇਂਦਰੀ ਤੇ ਰਾਜ ਏਜੰਸੀਆਂ ਸਿੱਖਾਂ ਵਿਚ ’ਖਾਨਾਜੰਗੀ’ ਕਰਵਾਉਣਾ ਚਾਹੁੰਦੀਆਂ ਹਨ ਤੇ ਦੂਜੇ ਪਾਸੇ ਸੂਬੇ ਵਿਚ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੂਬਾ ਤੇ ਕੇਂਦਰ ਸਰਕਾਰਾਂ ਦੋਵਾਂ ਨੂੰ ਇਹਨਾਂ ਘਟਨਾਵਾਂ ਦੀ ਨੈਤਿਕ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤੇ ਉਹਨਾਂ ਤਾਕਤਾਂ ਨੂੰ ਭੜਕਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਜੋ ਧੱਕੇ ਨਾਲ ਸਿੱਖ ਸੰਸਥਾਵਾਂ ’ਤੇ ਕਾਬਜ਼ ਹੋਣਾ ਚਾਹੁੰਦੀਆਂ ਹਨ। ਬੀਤੇ ਸਮੇਂ ਦੇ ਅਜਿਹੇ ਤਜ਼ਰਬੇ ਖ਼ਤਰਨਾਕ ਸਾਬਤ ਹੋਏ ਹਨੇ ਤੇ ਇਹ ਗਲਤ ਦਿਸ਼ਾ ਵਿਚ ਚੁੱਕੇ ਕਦਮ ਸਾਬਤ ਹੋਏ ਹਨ। ਸੂਬਾ ਤੇ ਕੇਂਦਰ ਦੋਵਾਂ ਸਰਕਾਰਾਂ ਨੂੰ ਬੀਤੇ ਸਮੇਂ ਤੋਂ ਸਬਕ ਸਿੱਖਣਾ ਚਾਹੀਦਾ ਹੈ।