ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦੀਵਾਨ ਟੋਡਰ ਮੱਲ ਹਵੇਲੀ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦੀਵਾਨ ਟੋਡਰ ਮੱਲ ਹਵੇਲੀ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ
ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਪੰਜਾਬ ਦੀਆਂ ਸੇਵਾਵਾਂ ਦੀ ਸ਼ਲਾਘਾ
ਸ੍ਰੀ ਫ਼ਤਹਿਗੜ੍ਹ ਸਾਹਿਬ
ਹਰਪ੍ਰੀਤ ਸਿੰਘ ਗੁੱਜਰਵਾਲ , ੯ ਜੁਲਾਈ
ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਇਥੇ ਦੀਵਾਨ ਟੋਡਰ ਮੱਲ ਹਵੇਲੀ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਦੇ ਅਹੁਦੇਦਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਹਵੇਲੀ ਦੇ ਨਿਰਮਾਣ ਲਈ ਅਪਣਾਈ ਜਾ ਰਹੀ ਕਾਰਜ ਵਿਧੀ ਅਤੇ ਵਰਤੀ ਜਾ ਰਹੀ ਨਿਰਮਾਣ ਸਮੱਗਰੀ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ।
ਇਸ ਮੌਕੇ ਸ਼੍ਰੀ ਕਟਾਰੀਆ ਨੇ ਕਿਹਾ ਕਿ ਦੀਵਾਨ ਟੋਡਰ ਮੱਲ ਵੱਲੋਂ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਤੋਂ ਬਾਅਦ ਉਨਾਂ ਦੇ ਸਸਕਾਰ ਲਈ ਸੋਨੇ ਦੀਆਂ ਮੋਹਰਾਂ ਖੜੀਆਂ ਕਰਕੇ ਨਵਾਬ ਵਜੀਦ ਖਾਂ ਪਾਸੋਂ ਖਰੀਦੀ ਗਈ ਜਗ੍ਹਾ, ਦੁਨੀਆਂ ਦੀ ਸਭ ਤੋਂ ਕੀਮਤੀ ਜਗ੍ਹਾ ਹੈ ਅਤੇ ਇਹੋ ਜਿਹੀ ਮਿਸਾਲ ਦੁਨੀਆਂ ਵਿੱਚ ਹੋਰ ਕਿਤੇ ਨਹੀਂ ਮਿਲਦੀ।
ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਇਸ ਉੱਦਮ ਲਈ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਦੀ ਸ਼ਲਾਘਾ ਕੀਤੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਤਿਹਾਸ ਨਾਲ ਜੋੜਨ ਲਈ ਕੀਤੇ ਜਾ ਰਹੇ ਇਸ ਉਪਰਾਲੇ ਨੂੰ ਸਰਾਹਿਆ।
ਫਾਊਂਡੇਸ਼ਨ ਦੇ ਪ੍ਰਧਾਨ ਸ. ਲਖਵਿੰਦਰ ਸਿੰਘ ਕਾਹਨੇ ਕੇ ਦੀ ਅਗਵਾਈ ਵਿੱਚ ਫਾਊਂਡੇਸ਼ਨ ਮੈਂਬਰਾਂ ਵੱਲੋਂ ਪੰਜਾਬ ਦੇ ਰਾਜਪਾਲ ਸ੍ਰੀ ਕਟਾਰੀਆ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਉਹਨਾਂ ਦੱਸਿਆ ਕਿ ਜਹਾਜ਼ੀ ਹਵੇਲੀ ਦੀ ਪੁਰਾਤਨ ਦਿੱਖ ਬਹਾਲ ਕਰਨ ਅਤੇ ਦੀਵਾਨ ਟੋਡਰ ਮੱਲ ਨਾਲ ਸਬੰਧਤ ਸਮੁੱਚਾ ਇਤਿਹਾਸ ਸੰਭਾਲਨ ਲਈ ਕਾਰਜ ਨਿਰੰਤਰ ਚੱਲ ਰਹੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਐਸਐਸਪੀ ਸ਼ੁਭਮ ਅਗਰਵਾਲ, ਉਪ ਮੰਡਲ ਮੈਜਿਸਟਰੇਟ ਅਰਵਿੰਦ ਕੁਮਾਰ ਗੁਪਤਾ, ਫਾਊਂਡੇਸ਼ਨ ਦੇ ਬਾਕੀ ਨੁਮਾਇੰਦਿਆਂ ਵਿੱਚ ਨਾਭਾ ਰਿਆਸਤ ਦੇ ਮਹਾਰਾਣੀ ਪ੍ਰੀਤੀ ਸਿੰਘ, ਸੀਨੀਅਰ ਮੀਤ ਪ੍ਰਧਾਨ ਕਿਰਪਾਲ ਸਿੰਘ ਬਲਾਕੀਪੁਰ, ਖਜ਼ਾਨਚੀ ਲਖਵਿੰਦਰ ਸਿੰਘ ਕੱਤਰੀ, ਸੀਨੀਅਰ ਮੈਂਬਰ ਦਰਬਾਰਾ ਸਿੰਘ ਧੌਲਾ, ਗੁਰਜਿੰਦਰ ਸਿੰਘ ਛੰਨਾ ਸਕੱਤਰ ਵੀ ਹਾਜ਼ਰ ਸਨ।
ਇਸ ਉਪਰੰਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵੀ ਨਤਮਸਤਕ ਹੋਏ