ਰਾਜੇਸ਼ ਧੀਮਾਨ ਨੇ DC ਬਠਿੰਡਾ ਵਜੋਂ ਸੰਭਾਲਿਆ ਅਹੁਦਾ

ਰਾਜੇਸ਼ ਧੀਮਾਨ ਨੇ DC ਬਠਿੰਡਾ ਵਜੋਂ ਸੰਭਾਲਿਆ ਅਹੁਦਾ

ਬਠਿੰਡਾ, 22 ਅਗਸਤ 2025 : ਅੱਜ ਇੱਥੇ ਡਿਪਟੀ ਕਮਿਸ਼ਨਰ ਵਜੋਂ ਸ਼੍ਰੀ ਰਾਜੇਸ਼ ਧੀਮਾਨ (ਆਈ.ਏ.ਐਸ) ਨੇ ਆਪਣਾ ਚਾਰਜ ਸੰਭਾਲ ਲਿਆ ਹੈ। 2014 ਬੈਚ ਦੇ ਆਈ.ਏ.ਐਸ. ਅਧਿਕਾਰੀ ਸ਼੍ਰੀ ਰਾਜੇਸ਼ ਧੀਮਾਨ ਇਸ ਤੋਂ ਪਹਿਲਾ ਪ੍ਰੋਜੈਕਟ ਡਾਇਰੈਕਟਰ, ਵਿਸ਼ਵ ਬੈਂਕ ਪ੍ਰੋਜੈਕਟ, ਸਕੂਲ ਸਿੱਖਿਆ ਵਿਭਾਗ-ਕਮ-ਵਿਸ਼ੇਸ਼ ਸਕੱਤਰ, ਸਕੂਲ ਸਿੱਖਿਆ ਅਤੇ ਡਾਇਰੈਕਟਰ ਖੇਡ ਵਿਭਾਗ ‘ਚ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਤੋਂ ਪਹਿਲਾਂ ਸ਼੍ਰੀ ਰਾਜੇਸ਼ ਧੀਮਾਨ ਫਿਰੋਜ਼ਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਵਿੱਚ ਵੀ ਬਤੌਰ ਡਿਪਟੀ ਕਮਿਸ਼ਨਰ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ‘ਤੇ ਡਿਪਟੀ ਕਮਿਸ਼ਨਰ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ ਆਨਰ ਨਾਲ ਸਨਮਾਨਿਤ ਵੀ ਕੀਤਾ ਗਿਆ।
ਇਸ ਉਪਰੰਤ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਪ੍ਰੈਸ ਮਿਲਣੀ ਦੌਰਾਨ ਮੀਡੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾਉਂਦਿਆਂ ਹਰ ਯੋਗ ਲਾਭਪਾਤਰੀ ਤੱਕ ਇਨ੍ਹਾਂ ਦਾ ਲਾਭ ਪਹੁੰਚਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜਿਥੇ ਜ਼ਿਲ੍ਹੇ ਅੰਦਰ ਚੱਲ ਰਹੇ ਅਤੇ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਿਆ ਜਾਵੇਗਾ ਉਥੇ ਹੀ ਜ਼ਿਲ੍ਹੇ ਅੰਦਰ ਪੈਂਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੀ ਸਵੱਛਤਾ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਇਹ ਵੀ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਦਾ ਮੁੱਖ ਮੰਤਵ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨਾ ਵਿਸ਼ੇਸ਼ ਪਹਿਲਕਦਮੀ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਮੀਡੀਆਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਤੇ ਸਿੱਖਿਆ ਆਦਿ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਪਹਿਲ ਦਿੱਤੀ ਜਾਵੇਗੀ।ਉਨ੍ਹਾਂ ਇਕ ਹੋਰ ਸਵਾਲ ਦਾ ਜਵਾਬ ਦਿੰਦਿਆ ਦੱਸਿਆ ਕਿ ਖੇਡ ਵਿਭਾਗ ‘ਚ ਬਤੌਰ ਡਾਇਰੈਕਟਰ ਹੁੰਦੇ ਹੋਏ ਉਨ੍ਹਾਂ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕੀਤੀ ਗਈ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਿਆ ਗਿਆ, ਜਿਨ੍ਹਾਂ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਹੋਰ ਸਵਾਲ ਦੇ ਜਵਾਬ ਵਿੱਚ ਇਹ ਵੀ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਦੇ ਨੌਜਵਾਨਾਂ ਦੀ ਮੰਗ ਅਨੁਸਾਰ ਉਨ੍ਹਾਂ ਨੂੰ ਖੇਡਾਂ ਜੋੜਨ ਲਈ ਖੇਡ ਦੇ ਮੈਦਾਨ ਵੀ ਬਣਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਝੋਨੇ ਦੇ ਆਗਾਮੀ ਸੀਜ਼ਨ ਦੇ ਮੱਦੇਨਜ਼ਰ ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਵੱਖ-ਵੱਖ ਤਰ੍ਹਾਂ ਦੇ ਪ੍ਰਚਾਰ ਸਾਧਨਾਂ ਤੋਂ ਇਲਾਵਾ ਉਸਾਰੂ ਤੇ ਧਰਤੀ ਮਾਂ ਨੂੰ ਬੰਜਰ ਹੋਣ ਤੋਂ ਬਚਾਉਣ ਲਈ ਪ੍ਰੇਰਿਤ ਕਰਦਾ ਹੋਇਆ ਲੋਕ ਪੱਖੀ ਗੀਤ ਰਾਹੀਂ ਜਾਗਰੂਕ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਮੀਡੀਆਂ ਤੋਂ ਵੀ ਪੂਰਨ ਸਹਿਯੋਗ ਦੀ ਆਸ ਪ੍ਰਗਟਾਈ।ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਸਿਵਲ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕਰਕੇ ਅਧਿਕਾਰੀਆਂ ਕੋਲੋਂ ਜ਼ਿਲ੍ਹੇ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਥੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ ਉਥੇ ਹੀ ਦਫ਼ਤਰਾਂ ‘ਚ ਕੰਮ-ਕਾਜ ਲਈ ਆਉਣ ਵਾਲੇ ਆਮ ਲੋਕਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇ।

Ads

4
4

Share this post