ਸ੍ਰੀ ਆਨੰਦਪੁਰ ਸਾਹਿਬ–ਗੜ੍ਹਸ਼ੰਕਰ ਰੋਡ 'ਤੇ ਭਾਰੀ ਵਾਹਨਾਂ ਦੀ ਆਵਾਜਾਈ 'ਤੇ ਪਾਬੰਦੀ, ਰੂਪਨਗਰ ਪ੍ਰਸ਼ਾਸਨ ਵੱਲੋਂ ਹੁਕਮ ਜਾਰੀ.
ਸ੍ਰੀ ਆਨੰਦਪੁਰ ਸਾਹਿਬ–ਗੜ੍ਹਸ਼ੰਕਰ ਰੋਡ 'ਤੇ ਭਾਰੀ ਵਾਹਨਾਂ ਦੀ ਆਵਾਜਾਈ 'ਤੇ ਪਾਬੰਦੀ, ਰੂਪਨਗਰ ਪ੍ਰਸ਼ਾਸਨ ਵੱਲੋਂ ਹੁਕਮ ਜਾਰੀ.
ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਚੰਦਰਜਯੋਤੀ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਸ੍ਰੀ ਆਨੰਦਪੁਰ ਸਾਹਿਬ–ਗੜ੍ਹਸ਼ੰਕਰ ਰੋਡ 'ਤੇ ਪਿੰਡ ਕਾਹਨਪੁਰ ਖੂਹੀ ਚੌਂਕ ਤੋਂ ਲੈ ਕੇ ਹਿਮਾਚਲ ਪ੍ਰਦੇਸ਼ ਦੇ ਪਿੰਡ ਬਾਥੜੀ ਬਾਰਡਰ ਤੱਕ ਭਾਰੀ ਵਾਹਨਾਂ ਦੀ ਆਵਾਜਾਈ 'ਤੇ ਪੂਰਨ ਤੌਰ 'ਤੇ ਰੋਕ ਲਗਾ ਦਿੱਤੀ ਗਈ ਹੈ।
ਪ੍ਰਸ਼ਾਸਨ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਇਹ ਵਾਹਨ ਹੁਣ ਵਾਇਆ ਨੰਗਲ–ਸ੍ਰੀ ਅਨੰਦਪੁਰ ਸਾਹਿਬ–ਰੋਪੜ ਰੋਡ ਰਾਹੀਂ ਡਾਇਵਰਟ ਕੀਤੇ ਜਾਣਗੇ। ਹਾਲਾਂਕਿ ਲੋਕਲ ਇਲਾਕੇ ਦੇ ਵਸਨੀਕਾਂ ਨੂੰ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਇਸ ਰੋਡ 'ਤੇ ਭਾਰੀ ਵਾਹਨ ਵਰਤਣ ਦੀ ਇਜਾਜ਼ਤ ਹੋਵੇਗੀ।
ਇਹ ਫ਼ੈਸਲਾ ਉਪ ਮੰਡਲ ਮੈਜਿਸਟਰੇਟ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਵੱਲੋਂ ਭੇਜੀ ਗਈ ਰਿਪੋਰਟ ਅਤੇ ਉਸਾਰੀ ਮੰਡਲ ਭ ਤੇ ਮ ਸ਼ਾਖਾ ਰੂਪਨਗਰ ਦੇ ਇੰਜੀਨੀਅਰ ਵੱਲੋਂ ਦਿੱਤੇ ਗਏ ਜਾਇਜ਼ੇ ਦੇ ਆਧਾਰ 'ਤੇ ਲਿਆ ਗਿਆ ਹੈ। ਰਿਪੋਰਟ ਅਨੁਸਾਰ ਕਾਹਨਪੁਰ ਖੂਹੀ ਤੋਂ ਬਾਥੜੀ ਬਾਰਡਰ ਤੱਕ ਦੀ ਲਗਭਗ 11.20 ਕਿਲੋਮੀਟਰ ਲੰਬੀ ਸੜਕ ਪਿਛਲੇ ਛੇ ਸਾਲਾਂ ਤੋਂ ਵਰਤੋਂ ਵਿੱਚ ਹੈ ਅਤੇ ਬਰਸਾਤ ਕਾਰਨ ਇਸਦੀ ਹਾਲਤ ਬਹੁਤ ਖਰਾਬ ਹੋ ਗਈ ਹੈ। ਖਰਾਬ ਸੜਕ ਕਾਰਨ ਹਾਦਸਿਆਂ ਦਾ ਖ਼ਤਰਾ ਵਧ ਗਿਆ ਹੈ ਅਤੇ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਨੂੰ ਰੋਕਣ ਲਈ ਇਹ ਪਾਬੰਦੀ ਲਗਾਈ ਗਈ ਹੈ।
ਪ੍ਰਸ਼ਾਸਨ ਨੇ ਦੱਸਿਆ ਕਿ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਅਤੇ ਉਸਾਰੀ ਮੰਡਲ ਦੇ ਇੰਜੀਨੀਅਰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਵਾਉਣਗੇ ਅਤੇ ਲੋਕਾਂ ਦੀ ਸਹੂਲਤ ਲਈ ਡਾਇਵਰਸ਼ਨ ਅਤੇ ਸਾਈਨ ਬੋਰਡ ਵੀ ਲਗਾਏ ਜਾਣਗੇ। ਇਹ ਪਾਬੰਦੀ 27 ਅਕਤੂਬਰ 2025 ਤੱਕ ਲਾਗੂ ਰਹੇਗੀ।