ਪੰਜਾਬ ਸਰਕਾਰ ਵਲੋਂ 71 ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤ : ਹਰਜੋਤ ਬੈਂਸ
ਪੰਜਾਬ ਸਰਕਾਰ ਵਲੋਂ 71 ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤ : ਹਰਜੋਤ ਬੈਂਸ
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ 5 ਅਕਤੂਬਰ ਨੂੰ ‘ਵਿਸ਼ਵ ਅਧਿਆਪਕ ਦਿਵਸ’ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 71 ਸਰਕਾਰੀ ਅਧਿਆਪਕਾਂ ਦਾ ਵੱਕਾਰੀ ‘ਰਾਜ ਅਧਿਆਪਕ ਪੁਰਸਕਾਰ 2025` ਨਾਲ ਸਨਮਾਨ ਕੀਤਾ ਜਾਵੇਗਾ। ਇਸ ਦਾ ਉਦੇਸ਼ ਸੂਬੇ ਦੇ ਸਿੱਖਿਆ ਖੇਤਰ ਵਿੱਚ ਇਨ੍ਹਾਂ ਅਧਿਆਪਕਾਂ ਦੇ ਸਮਰਪਣ ਅਤੇ ਸ਼ਾਨਦਾਰ ਯੋਗਦਾਨ ਨੂੰ ਵਡਿਆਉਣਾ ਹੈ। ਰਾਜ ਸਰਕਾਰ ਅਧਿਆਪਕਾਂ ਦੇ ਵਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਵਿੱਚ ਮਾਣ ਮਹਿਸੂਸ ਕਰ ਰਹੀ ਹੈ, ਜੋ ਨਾ ਕੇਵਲ ਨੌਜਵਾਨ ਦੇ ਸੁਪਨਿਆਂ ਨੂੰ ਉਡਾਣ ਦਿੰਦੇ ਹਨ ਸਗੋਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਰਾਹਦਸੇਰੇ ਵੀ ਬਣਦੇ ਹਨ।
ਸਟੇਟ ਐਵਾਰਡਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੁੱਲ 55 ਅਧਿਆਪਕਾਂ ਨੂੰ ਰਾਜ ਅਧਿਆਪਕ ਪੁਰਸਕਾਰ ਦਿੱਤਾ ਜਾਵੇਗਾ, ਜਿਨ੍ਹਾਂ ਵਿੱਚੋਂ 34 ਸੀਨੀਅਰ ਸੈਕੰਡਰੀ ਸਕੂਲਾਂ ਅਤੇ 21 ਪ੍ਰਾਇਮਰੀ ਸਕੂਲਾਂ ਦੇ ਅਧਿਆਪਕ ਹਨ। ਇਸ ਤੋਂ ਇਲਾਵਾ 10 ਅਧਿਆਪਕਾਂ ਨੂੰ ਯੰਗ ਟੀਚਰ ਐਵਾਰਡ (6 ਸੈਕੰਡਰੀ ਅਤੇ 4 ਪ੍ਰਾਇਮਰੀ ਅਧਿਆਪਕ) ਨਾਲ ਸਨਮਾਨਿਤ ਕੀਤਾ ਜਾਵੇਗਾ। ਤਿੰਨ ਅਧਿਆਪਕਾਂ ਨੂੰ ਵਿਸ਼ੇਸ਼ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਤਿੰਨ ਅਧਿਆਪਕਾਂ ਨੂੰ ਉਨ੍ਹਾਂ ਦੀ ਵਿਲੱਖਣ ਅਗਵਾਈ ਲਈ ਪ੍ਰਬੰਧਕੀ ਪੁਰਸਕਾਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹਰੇਕ ਪੁਰਸਕਾਰ ਜੇਤੂ ਨੂੰ ਰਾਜ ਪੱਧਰੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇੱਕ ਮੈਡਲ, ਸ਼ਾਲ ਅਤੇ ਯੋਗਤਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ।